ADVERTISEMENT

ADVERTISEMENT

ਲਖਨਊ ਵਿੱਚ ਭਿਆਨਕ ਅੱਗ ਕਾਰਨ 18 ਲੋਕਾਂ ਦੀ ਮੌਤ

ਕੋਚਿੰਗ ਸੈਂਟਰ ਅਤੇ ਗੇਮਿੰਗ ਜ਼ੋਨ ਵਾਲੀ ਇਮਾਰਤ ਵਿੱਚ ਵਾਪਰਿਆ ਹਾਦਸਾ; ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਮੰਤਰੀ ਯੋਗੀ ਵੱਲੋਂ ਮੁਆਵਜ਼ੇ ਦਾ ਐਲਾਨ

 ਲਖਨਊ: ਸੋਮਵਾਰ, 22 ਜੂਨ, 2026 ਨੂੰ ਲਖਨਊ ਦੇ ਅਲੀਗੰਜ ਖੇਤਰ ਵਿੱਚ ਇੱਕ ਕੋਚਿੰਗ ਸੈਂਟਰ ਵਾਲੀ ਬਹੁ-ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਤੋਂ ਬਾਅਦ ਫਾਇਰਫਾਈਟਰਜ਼ ਬਚਾਅ ਅਤੇ ਰਾਹਤ ਕਾਰਜ ਕਰਦੇ ਹੋਏ। ਲਖਨਊ: ਸੋਮਵਾਰ, 22 ਜੂਨ, 2026 ਨੂੰ ਲਖਨਊ ਦੇ ਅਲੀਗੰਜ ਖੇਤਰ ਵਿੱਚ ਇੱਕ ਕੋਚਿੰਗ ਸੈਂਟਰ ਵਾਲੀ ਬਹੁ-ਮੰਜ਼ਿਲਾ ਇਮਾਰਤ ਵਿੱਚ ਅੱਗ ਲੱਗਣ ਤੋਂ ਬਾਅਦ ਫਾਇਰਫਾਈਟਰਜ਼ ਬਚਾਅ ਅਤੇ ਰਾਹਤ ਕਾਰਜ ਕਰਦੇ ਹੋਏ। / Photo: IANS

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਅਲੀਗੰਜ ਇਲਾਕੇ ਦੇ ਪੁਰਾਨੀਆ ਖੇਤਰ ਵਿੱਚ ਸਥਿਤ ਇੱਕ ਤਿੰਨ ਮੰਜ਼ਿਲਾ ਵਪਾਰਕ ਇਮਾਰਤ ਵਿੱਚ ਲੱਗੀ ਭਿਆਨਕ ਅੱਗ ਕਾਰਨ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ। ਪੁਲਿਸ ਅਨੁਸਾਰ ਮ੍ਰਿਤਕਾਂ ਦੀ ਉਮਰ ਲਗਭਗ 20 ਤੋਂ 24 ਸਾਲ ਦਰਮਿਆਨ ਦੱਸੀ ਜਾ ਰਹੀ ਹੈ। ਇਸ ਦੁਖਦਾਈ ਘਟਨਾ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਪੀੜਤ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ।

 

ਅਧਿਕਾਰੀਆਂ ਮੁਤਾਬਕ ਅੱਗ ਦੁਪਹਿਰ ਸਮੇਂ ਇਮਾਰਤ ਵਿੱਚ ਚੱਲ ਰਹੇ ਇੱਕ ਕੋਚਿੰਗ ਸੈਂਟਰ ਵਿੱਚ ਲੱਗੀ, ਜਿਸ ਤੋਂ ਬਾਅਦ ਪੂਰੀ ਇਮਾਰਤ ਧੂੰਏਂ ਨਾਲ ਭਰ ਗਈ ਅਤੇ ਮੌਕੇ 'ਤੇ ਹਫੜਾ-ਦਫੜੀ ਮਚ ਗਈ। ਇਮਾਰਤ ਵਿੱਚ ਕੋਚਿੰਗ ਸੈਂਟਰ, ਗੇਮਿੰਗ ਜ਼ੋਨ ਅਤੇ ਹੋਰ ਵਪਾਰਕ ਅਦਾਰੇ ਵੀ ਸਥਿਤ ਸਨ।

 

ਜਾਨ ਬਚਾਉਣ ਲਈ ਕੁਝ ਲੋਕਾਂ ਨੇ ਉੱਪਰੀ ਮੰਜ਼ਿਲਾਂ ਅਤੇ ਛੱਤ ਤੋਂ ਛਾਲਾਂ ਮਾਰ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਚਸ਼ਮਦੀਦਾਂ ਅਨੁਸਾਰ ਦੁਪਹਿਰ ਵੇਲੇ ਇਮਾਰਤ ਵਿੱਚੋਂ ਧੂੰਆ ਨਿਕਲਦਾ ਦੇਖਿਆ ਗਿਆ ਅਤੇ ਕੁਝ ਹੀ ਸਮੇਂ ਵਿੱਚ ਅੱਗ ਨੇ ਪੂਰੀ ਇਮਾਰਤ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਅਤੇ ਧੂੰਏਂ ਕਾਰਨ ਬਾਹਰ ਨਿਕਲਣ ਦੇ ਰਸਤੇ ਬੰਦ ਹੋ ਗਏ, ਜਿਸ ਨਾਲ ਡਰੇ ਹੋਏ ਵਿਦਿਆਰਥੀ ਅਤੇ ਹੋਰ ਲੋਕ ਖਿੜਕੀਆਂ ਅਤੇ ਛੱਤ ਵੱਲ ਦੌੜ ਪਏ। ਕੁਝ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਹੇਠਾਂ ਛਾਲਾਂ ਵੀ ਮਾਰੀਆਂ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ, ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਕਈ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਜ਼ਿਲ੍ਹਾ ਮੈਜਿਸਟਰੇਟ ਅਤੇ ਪੁਲਿਸ ਕਮਿਸ਼ਨਰ ਸਮੇਤ ਸੀਨੀਅਰ ਅਧਿਕਾਰੀਆਂ ਨੇ ਰਾਹਤ ਅਤੇ ਬਚਾਅ ਕਾਰਜਾਂ ਦੀ ਨਿਗਰਾਨੀ ਕੀਤੀ। ਫਸੇ ਹੋਏ ਲੋਕਾਂ ਨੂੰ ਬਚਾਉਣ ਲਈ ਬਚਾਅ ਟੀਮਾਂ ਨੇ ਇਮਾਰਤ ਦੀ ਕੰਧ ਵਿੱਚ ਛੇਦ ਕਰਕੇ ਇੱਕ ਵਿਕਲਪਕ ਰਸਤਾ ਵੀ ਤਿਆਰ ਕੀਤਾ।

 

ਮੁੱਖ ਮੰਤਰੀ ਯੋਗੀ ਆਦਿਤਿਆਨਾਥ, ਜੋ ਉਸ ਵੇਲੇ ਅਲੀਗੜ੍ਹ ਦੇ ਦੌਰੇ 'ਤੇ ਸਨ, ਨੇ ਆਪਣਾ ਦੌਰਾ ਅੱਧ ਵਿਚਾਲੇ ਛੱਡ ਕੇ ਲਖਨਊ ਵਾਪਸੀ ਕੀਤੀ ਅਤੇ ਹਸਪਤਾਲ ਵਿੱਚ ਜ਼ਖ਼ਮੀਆਂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਘਟਨਾ ਬਹੁਤ ਹੀ ਦੁਖਦਾਈ ਅਤੇ ਦਿਲ ਨੂੰ ਝੰਝੋੜ ਦੇਣ ਵਾਲੀ ਹੈ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

 

ਮੁੱਖ ਮੰਤਰੀ ਦਫ਼ਤਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਹਾਦਸੇ ਵਿੱਚ ਮਾਰੇ ਗਏ ਹਰ ਵਿਅਕਤੀ ਦੇ ਪਰਿਵਾਰ ਨੂੰ 5 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਨਾਲ ਹੀ ਜ਼ਖ਼ਮੀਆਂ ਦੇ ਉਚਿਤ ਇਲਾਜ ਦੇ ਵੀ ਨਿਰਦੇਸ਼ ਦਿੱਤੇ ਗਏ ਹਨ।

 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਲਖਨਊ ਵਿੱਚ ਅੱਗ ਕਾਰਨ ਹੋਈਆਂ ਮੌਤਾਂ ਬਹੁਤ ਹੀ ਦੁਖਦਾਈ ਹਨ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕੀਤੀ ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਕੋਸ਼ ਵਿੱਚੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ।

 

ਰੱਖਿਆ ਮੰਤਰੀ ਅਤੇ ਲਖਨਊ ਤੋਂ ਸੰਸਦ ਮੈਂਬਰ ਰਾਜਨਾਥ ਸਿੰਘ ਨੇ ਵੀ ਇਸ ਘਟਨਾ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਅਲੀਗੰਜ ਦੇ ਕੋਚਿੰਗ ਸੈਂਟਰ ਵਿੱਚ ਲੱਗੀ ਅੱਗ ਦੀ ਘਟਨਾ ਦਿਲ ਦਹਿਲਾ ਦੇਣ ਵਾਲੀ ਹੈ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ।

 

ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮਾਮਲੇ ਦੀ ਵਿਸਥਾਰ ਨਾਲ ਪੜਤਾਲ ਕੀਤੀ ਜਾ ਰਹੀ ਹੈ।

Comments

Leave A Comment

Required fields are marked (*).

Related

Talk to us?