ADVERTISEMENT

ADVERTISEMENT

ਭਗਵੰਤ ਮਾਨ ਨੇ ਵਾਇਰਲ ਵੀਡੀਓ ਨੂੰ ਦੱਸਿਆ ਫਰਜ਼ੀ

ਲੈਬ ਜਾਂਚ ਦਾ ਹਵਾਲਾ ਦੇ ਕੇ ਕਿਹਾ, "ਵੀਡੀਓ ਵਿੱਚ ਨਜ਼ਰ ਆ ਰਿਹਾ ਵਿਅਕਤੀ ਮੈਂ ਨਹੀਂ"; ਸਾਜ਼ਿਸ਼ਕਾਰਾਂ ਖ਼ਿਲਾਫ਼ ਕਾਰਵਾਈ ਦੇ ਹੁਕਮ

 ਭਗਵੰਤ ਮਾਨ ਭਗਵੰਤ ਮਾਨ / Photo Courtesy

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ ਨੂੰ ਫਰਜ਼ੀ ਕਰਾਰ ਦਿੰਦਿਆਂ ਦਾਅਵਾ ਕੀਤਾ ਹੈ ਕਿ ਇਸ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਉਹ ਨਹੀਂ ਹਨ। ਉਨ੍ਹਾਂ ਕਿਹਾ ਕਿ ਵੀਡੀਓ ਦੀ ਦੋ ਸੁਤੰਤਰ ਲੈਬਾਰਟਰੀਆਂ ਤੋਂ ਜਾਂਚ ਕਰਵਾਈ ਗਈ ਹੈ, ਜਿਸ ਵਿੱਚ ਸਾਹਮਣੇ ਆਇਆ ਹੈ ਕਿ ਵੀਡੀਓ ਵਿੱਚ ਕਿਸੇ ਹੋਰ ਵਿਅਕਤੀ ਜਾਂ ਅਦਾਕਾਰ ਦੀ ਵਰਤੋਂ ਕੀਤੀ ਗਈ ਹੈ।

 

ਸੋਸ਼ਲ ਮੀਡੀਆ ਰਾਹੀਂ ਜਾਰੀ ਆਪਣੇ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਤੋਂ ਬਾਹਰ ਸਥਿਤ ਦੋ ਲੈਬਾਰਟਰੀਆਂ ਵੱਲੋਂ ਵੀਡੀਓ ਦੇ 1,191 ਫਰੇਮਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦਾ ਕਹਿਣਾ ਸੀ ਕਿ ਜਾਂਚ ਦੌਰਾਨ ਇੱਕ ਵੀ ਫਰੇਮ ਅਜਿਹਾ ਨਹੀਂ ਮਿਲਿਆ ਜੋ ਉਨ੍ਹਾਂ ਦੇ ਚਿਹਰੇ, ਕੱਦ, ਸਰੀਰਕ ਬਣਤਰ ਜਾਂ ਦਿੱਖ ਨਾਲ ਮੇਲ ਖਾਂਦਾ ਹੋਵੇ।

 

ਭਗਵੰਤ ਮਾਨ ਨੇ ਦੋਸ਼ ਲਗਾਇਆ ਕਿ ਇਹ ਵੀਡੀਓ ਉਨ੍ਹਾਂ ਦੀ ਸਿਆਸੀ ਅਤੇ ਸਮਾਜਿਕ ਛਵੀ ਨੂੰ ਨੁਕਸਾਨ ਪਹੁੰਚਾਉਣ ਦੇ ਮਕਸਦ ਨਾਲ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਦੇ ਡੀਜੀਪੀ ਨੂੰ ਹਦਾਇਤ ਦਿੱਤੀ ਗਈ ਹੈ ਕਿ ਵੀਡੀਓ ਬਣਾਉਣ ਅਤੇ ਇਸ ਨੂੰ ਸੋਸ਼ਲ ਮੀਡੀਆ 'ਤੇ ਫੈਲਾਉਣ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

 

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਹਿੱਤਾਂ ਵਿੱਚ ਕਈ ਅਜਿਹੇ ਫ਼ੈਸਲੇ ਕੀਤੇ ਹਨ, ਜੋ ਪਹਿਲਾਂ ਕਦੇ ਨਹੀਂ ਹੋਏ। ਉਨ੍ਹਾਂ ਦੱਸਿਆ ਕਿ ਸੰਸਦ ਮੈਂਬਰ ਵਜੋਂ ਉਨ੍ਹਾਂ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਸੰਸਦ ਵਿੱਚ ਸ਼ਰਧਾਂਜਲੀ ਦਿਵਾਉਣ ਦੀ ਪਹਿਲ ਕੀਤੀ ਸੀ। ਸਰਕਾਰ ਬਣਨ ਤੋਂ ਬਾਅਦ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਵਾਲੀਆਂ ਗੱਡੀਆਂ ਦਾ ਟੈਕਸ ਮੁਆਫ਼ ਕੀਤਾ ਗਿਆ, ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਅਤੇ ਸ੍ਰੀ ਆਨੰਦਪੁਰ ਸਾਹਿਬ, ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦਿੱਤਾ ਗਿਆ।

 

ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਵੀ ਬਣਾਇਆ ਗਿਆ ਹੈ, ਜਿਸ ਨੂੰ ਲੋਕਾਂ ਦਾ ਸਮਰਥਨ ਮਿਲਿਆ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਦੇ ਕੰਮਾਂ ਕਾਰਨ ਵਿਰੋਧੀ ਧਿਰਾਂ ਬੇਚੈਨ ਹਨ ਅਤੇ ਇਸੇ ਕਰਕੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ।

 

ਭਗਵੰਤ ਮਾਨ ਨੇ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਉਨ੍ਹਾਂ ਨੂੰ ਲੋਕ ਸੇਵਾ ਦੇ ਰਾਹ ਤੋਂ ਡਿਗਾ ਨਹੀਂ ਸਕਦੀਆਂ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਲੋਕ ਸਿਆਸੀ ਮਕਸਦਾਂ ਲਈ ਧਾਰਮਿਕ ਅਤੇ ਸਮਾਜਿਕ ਮੁੱਦਿਆਂ ਦਾ ਇਸਤੇਮਾਲ ਕਰ ਰਹੇ ਹਨ, ਪਰ ਉਹ ਬਿਨਾਂ ਕਿਸੇ ਨਿੱਜੀ ਸਵਾਰਥ ਦੇ ਪੰਜਾਬ ਦੇ ਹਿੱਤਾਂ ਲਈ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਲਈ ਚਲ ਰਹੇ ਕੰਮਾਂ ਨੂੰ ਰੋਕਣ ਜਾਂ ਬਦਨਾਮ ਕਰਨ ਦੀ ਹਰ ਕੋਸ਼ਿਸ਼ ਦਾ ਜਵਾਬ ਲੋਕਤੰਤਰੀ ਅਤੇ ਕਾਨੂੰਨੀ ਤਰੀਕੇ ਨਾਲ ਦਿੱਤਾ ਜਾਵੇਗਾ।

Comments

Leave A Comment

Required fields are marked (*).

Related

Talk to us?