ADVERTISEMENT

ADVERTISEMENT

ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਕਹਿਣ ’ਤੇ ਕਾਂਗਰਸ ’ਤੇ ਵਰ੍ਹੇ ਢਿੱਲੋਂ

ਕਾਂਗਰਸ ਦੀ ਇਸ ਕਥਿਤ ਸਿੱਖ ਵਿਰੋਧੀ ਮਾਨਸਿਕਤਾ ਦੀ ਜਿੰਨੀ ਨਿੰਦਾ ਕੀਤੀ ਜਾਵੇ, ਓਨੀ ਘੱਟ ਹੈ- ਢਿੱਲੋਂ

 ਕੇਵਲ ਸਿੰਘ ਢਿੱਲੋਂ  ਕੇਵਲ ਸਿੰਘ ਢਿੱਲੋਂ / Photo Courtesy

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਂਗਰਸੀ ਆਗੂਆਂ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਕਰਾਰ ਦੇਣ ਦੀ ਤਿੱਖੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਗੂਆਂ ਦੀ ਇਹ ਟਿੱਪਣੀ ਪਾਰਟੀ ਦੀ ਸਿੱਖ ਵਿਰੋਧੀ ਸੋਚ ਨੂੰ ਮੁੜ ਉਜਾਗਰ ਕਰਦੀ ਹੈ।

ਢਿੱਲੋਂ ਨੇ ਕਿਹਾ ਕਿ 1984 ਦੇ ਦਰਦਨਾਕ ਸਿੱਖ ਕਤਲੇਆਮ ਨੂੰ 42 ਸਾਲ ਬੀਤ ਚੁੱਕੇ ਹਨ, ਪਰ ਇਸ ਦੁਖਾਂਤ ਦੇ ਪੀੜਤ ਪਰਿਵਾਰਾਂ ਦੇ ਜ਼ਖ਼ਮ ਅੱਜ ਵੀ ਤਾਜ਼ਾ ਹਨ। ਅਜਿਹੇ ਹਾਲਾਤ ਵਿੱਚ ਕਤਲੇਆਮ ਨਾਲ ਜੁੜੇ ਮੁੱਖ ਦੋਸ਼ੀ ਨੂੰ ‘ਰੋਲ ਮਾਡਲ’ ਦੱਸਣਾ ਪੀੜਤ ਪਰਿਵਾਰਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਨਾਲ-ਨਾਲ ਉਨ੍ਹਾਂ ਦੇ ਪੁਰਾਣੇ ਜ਼ਖ਼ਮਾਂ ਨੂੰ ਮੁੜ ਹਰਾ ਕਰਨ ਦੇ ਬਰਾਬਰ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਦੀ ਇਸ ਕਥਿਤ ਸਿੱਖ ਵਿਰੋਧੀ ਮਾਨਸਿਕਤਾ ਦੀ ਜਿੰਨੀ ਨਿੰਦਾ ਕੀਤੀ ਜਾਵੇ, ਓਨੀ ਘੱਟ ਹੈ। ਉਨ੍ਹਾਂ ਦੇ ਦੋਸ਼ ਮੁਤਾਬਕ ਕਾਂਗਰਸ ਵੱਲੋਂ ਸਮੇਂ-ਸਮੇਂ ’ਤੇ ਅਜਿਹੇ ਬਿਆਨ ਦਿੱਤੇ ਜਾਂਦੇ ਰਹੇ ਹਨ, ਜਿਨ੍ਹਾਂ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਭਾਜਪਾ ਆਗੂ ਨੇ ਕਿਹਾ ਕਿ ਕਾਂਗਰਸ ਨੂੰ ਆਪਣੇ ਆਗੂਆਂ ਦੀ ਇਸ ਗੈਰ-ਜ਼ਿੰਮੇਵਾਰਾਨਾ ਅਤੇ ਇਤਰਾਜ਼ਯੋਗ ਬਿਆਨਬਾਜ਼ੀ ਲਈ 1984 ਦੇ ਕਤਲੇਆਮ ਦੇ ਪੀੜਤ ਪਰਿਵਾਰਾਂ ਅਤੇ ਸਮੁੱਚੀ ਸਿੱਖ ਕੌਮ ਤੋਂ ਬਿਨਾਂ ਕਿਸੇ ਸ਼ਰਤ ਦੇ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ।

Comments

Leave A Comment

Required fields are marked (*).

Related

Talk to us?