ADVERTISEMENT

ADVERTISEMENT

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ’ਚ ਪੁਲਸ ਤੇ ਸਿੱਖ ਆਗੂਆਂ ਵਿਚਾਲੇ ਤਕਰਾਰ, ਕਈ ਹਿਰਾਸਤ ’ਚ

ਪੰਜਾਬ ਬੰਦ ਦਾ ਸੱਦਾ ਪੂਰਨ ਬੰਦ ਲਈ- ਪ੍ਰਦਰਸ਼ਨਕਾਰੀ

 ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ’ਚ ਪੁਲਸ ਤੇ ਸਿੱਖ ਆਗੂਆਂ ਵਿਚਾਲੇ ਤਕਰਾਰ, ਕਈ ਹਿਰਾਸਤ ’ਚ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ’ਚ ਪੁਲਸ ਤੇ ਸਿੱਖ ਆਗੂਆਂ ਵਿਚਾਲੇ ਤਕਰਾਰ, ਕਈ ਹਿਰਾਸਤ ’ਚ / Photo Courtesy

ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪਰੋਲ ਦੇਣ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦਾ ਅਸਰ ਅੰਮ੍ਰਿਤਸਰ ਵਿੱਚ ਵੀ ਦੇਖਣ ਨੂੰ ਮਿਲਿਆ। ਸ਼ਹਿਰ ਦੇ ਗੋਲਡਨ ਗੇਟ ਨੇੜੇ ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕਰਦਿਆਂ ਸੜਕ ’ਤੇ ਆਵਾਜਾਈ ਰੋਕ ਦਿੱਤੀ ਗਈ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਬੰਦ ਦਾ ਸੱਦਾ ਪੂਰਨ ਬੰਦ ਲਈ ਦਿੱਤਾ ਗਿਆ ਹੈ ਅਤੇ ਇਸ ਦੌਰਾਨ ਆਮ ਆਵਾਜਾਈ ਨਹੀਂ ਚੱਲਣ ਦਿੱਤੀ ਜਾਵੇਗੀ। ਹਾਲਾਂਕਿ ਉਨ੍ਹਾਂ ਵੱਲੋਂ ਐਂਬੂਲੈਂਸਾਂ ਨੂੰ ਲੰਘਣ ਦੀ ਇਜਾਜ਼ਤ ਦੇਣ ਦੀ ਗੱਲ ਕਹੀ ਗਈ। ਦੂਜੇ ਪਾਸੇ ਪੁਲਸ ਨੇ ਪ੍ਰਦਰਸ਼ਨਕਾਰੀਆਂ ਨੂੰ ਰਸਤਾ ਖੋਲ੍ਹਣ ਲਈ ਕਿਹਾ। ਇਸ ਨੂੰ ਲੈ ਕੇ ਪੁਲਸ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਤਿੱਖੀ ਬਹਿਸ ਹੋ ਗਈ।

ਪੁਲਸ ਅਧਿਕਾਰੀਆਂ ਦਾ ਕਹਿਣਾ ਸੀ ਕਿ ਗੋਲਡਨ ਗੇਟ ਤੋਂ ਅੱਗੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲਾ ਇਹ ਅਹਿਮ ਮਾਰਗ ਹੈ, ਇਸ ਲਈ ਇਸ ਨੂੰ ਪੂਰੀ ਤਰ੍ਹਾਂ ਬੰਦ ਕਰਕੇ ਆਵਾਜਾਈ ਵਿੱਚ ਵਿਘਨ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖ ਆਗੁਆਂ ਨੇ ਕਿਹਾ ਕਿ ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪਰੋਲ ਦੇਣ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੰਦ ਦੌਰਾਨ ਸਿਰਫ਼ ਐਂਬੂਲੈਂਸਾਂ ਨੂੰ ਰਸਤਾ ਦਿੱਤਾ ਜਾਵੇਗਾ, ਜਦਕਿ ਹੋਰ ਆਵਾਜਾਈ ਰੋਕੀ ਜਾਵੇਗੀ।

ਕਰੀਬ 20 ਮਿੰਟ ਤੱਕ ਪੁਲਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਚੱਲੀ ਬਹਿਸ ਤੋਂ ਬਾਅਦ ਪੁਲਸ ਨੇ ਕੁਝ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਭਾਈ ਰਣਜੀਤ ਸਿੰਘ ਅਤੇ ਭੁਪਿੰਦਰ ਸਿੰਘ ਨੇ ਪੁਲਸ ’ਤੇ ਧੱਕੇਸ਼ਾਹੀ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਉਹ ਸ਼ਾਂਤਮਈ ਢੰਗ ਨਾਲ ਪੰਜਾਬ ਬੰਦ ਨੂੰ ਲਾਗੂ ਕਰਵਾ ਰਹੇ ਸਨ ਅਤੇ ਦੁਪਹਿਰ 2 ਵਜੇ ਤੱਕ ਆਵਾਜਾਈ ਰੋਕਣ ਦਾ ਫ਼ੈਸਲਾ ਕੀਤਾ ਗਿਆ ਸੀ।

ਉਧਰ, ਡੀਸੀਪੀ ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਸੜਕ ਰੋਕ ਕੇ ਆਵਾਜਾਈ ਪ੍ਰਭਾਵਿਤ ਕੀਤੀ ਜਾ ਰਹੀ ਸੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਕਾਰਨ ਐਂਬੂਲੈਂਸਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਸੀ। ਇਸ ਦੇ ਮੱਦੇਨਜ਼ਰ ਕੁਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਡੀਸੀਪੀ ਨੇ ਕਿਹਾ ਕਿ ਮਾਮਲੇ ਵਿੱਚ ਪੁਲਸ ਵੱਲੋਂ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।

Comments

Leave A Comment

Required fields are marked (*).

Related

Talk to us?