ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ / Facebook/ Bhagwant Mann
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੀ ਸ਼ੁਰੂਆਤ 5 ਸਤੰਬਰ ਤੋਂ ਕਰਨ ਦਾ ਐਲਾਨ ਕੀਤਾ ਹੈ। ਬਠਿੰਡਾ ਤੋਂ ਸ਼ੁਰੂ ਹੋਣ ਵਾਲੀਆਂ ਇਹ ਖੇਡਾਂ 29 ਨਵੰਬਰ ਨੂੰ ਪਟਿਆਲਾ ਵਿੱਚ ਸਮਾਪਤ ਹੋਣਗੀਆਂ। ਨੌਜਵਾਨਾਂ ਨੂੰ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ਇਸ ਵਾਰ 10 ਲੱਖ ਖਿਡਾਰੀਆਂ ਨੂੰ ਖੇਡਾਂ ਨਾਲ ਜੋੜਨ ਦਾ ਟੀਚਾ ਰੱਖਿਆ ਗਿਆ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਵਾਰ ਦੇ ਮੁਕਾਬਲਿਆਂ ਵਿੱਚ 14 ਸਾਲ ਤੋਂ ਲੈ ਕੇ 70 ਸਾਲ ਤੋਂ ਵੱਧ ਉਮਰ ਦੇ ਖਿਡਾਰੀ 38 ਵੱਖ-ਵੱਖ ਖੇਡਾਂ ਵਿੱਚ ਹਿੱਸਾ ਲੈਣਗੇ। 40 ਸਾਲ ਤੱਕ ਦੀ ਉਮਰ ਦੇ ਤਗ਼ਮਾ ਜੇਤੂਆਂ ਨੂੰ ਗ੍ਰੇਡੇਸ਼ਨ ਸਰਟੀਫਿਕੇਟ ਦਿੱਤੇ ਜਾਣਗੇ, ਤਾਂ ਜੋ ਉਹ ਸਰਕਾਰੀ ਨੌਕਰੀਆਂ ਵਿੱਚ ਖੇਡ ਕੋਟੇ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਮੁਕਾਬਲਿਆਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਕ੍ਰਮਵਾਰ 10 ਹਜ਼ਾਰ, 7 ਹਜ਼ਾਰ ਅਤੇ 5 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ 3 ਤੋਂ 15 ਸਤੰਬਰ ਤੱਕ ਬਲਾਕ ਪੱਧਰੀ ਅਤੇ 20 ਤੋਂ 30 ਸਤੰਬਰ ਤੱਕ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਬਾਅਦ ਸੂਬਾ ਪੱਧਰੀ ਮੁਕਾਬਲੇ 10 ਅਕਤੂਬਰ ਤੋਂ 23 ਨਵੰਬਰ ਤੱਕ ਲੁਧਿਆਣਾ, ਮਾਨਸਾ, ਕਪੂਰਥਲਾ, ਜਲੰਧਰ, ਐੱਸ.ਏ.ਐੱਸ. ਨਗਰ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਬਠਿੰਡਾ, ਫ਼ਰੀਦਕੋਟ, ਪਟਿਆਲਾ, ਸੰਗਰੂਰ, ਰੂਪਨਗਰ, ਬਰਨਾਲਾ, ਫਤਹਿਗੜ੍ਹ ਸਾਹਿਬ ਅਤੇ ਮਾਲੇਰਕੋਟਲਾ ਵਿੱਚ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪਹਿਲੇ, ਦੂਜੇ ਅਤੇ ਤੀਜੇ ਸੀਜ਼ਨ ਵਿੱਚ ਕ੍ਰਮਵਾਰ 3.50 ਲੱਖ, 4 ਲੱਖ ਅਤੇ 4.35 ਲੱਖ ਖਿਡਾਰੀਆਂ ਨੇ ਹਿੱਸਾ ਲਿਆ ਸੀ। ਇਨ੍ਹਾਂ ਸੀਜ਼ਨਾਂ ਦੇ ਜੇਤੂਆਂ ਨੂੰ ਕ੍ਰਮਵਾਰ 6.88 ਕਰੋੜ, 8.87 ਕਰੋੜ ਅਤੇ 9.76 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ ਗਈ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਖੇਡ ਢਾਂਚੇ ਦੇ ਵਿਕਾਸ ਲਈ 1,744 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਪੰਜਾਬ ਵਿੱਚ 3,148 ਖੇਡ ਮੈਦਾਨ ਬਣਾਏ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 248 ਦਾ ਉਦਘਾਟਨ ਕੀਤਾ ਜਾ ਚੁੱਕਾ ਹੈ। ਇਸੇ ਤਰ੍ਹਾਂ ਪਿੰਡਾਂ ਵਿੱਚ ਬਣਾਏ ਜਾਣ ਵਾਲੇ 6 ਹਜ਼ਾਰ ਜਿੰਮਾਂ ਵਿੱਚੋਂ 500 ਜਿੰਮ ਸ਼ੁਰੂ ਕੀਤੇ ਜਾ ਚੁੱਕੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਸ ਵਾਰ ਪਹਿਲੀ ਵਾਰ ਪੈਰਾ ਖੇਡਾਂ ਨੂੰ ਵੀ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਹਿੱਸਾ ਬਣਾਇਆ ਗਿਆ ਹੈ। ਲੁਧਿਆਣਾ ਵਿੱਚ 25 ਤੋਂ 28 ਨਵੰਬਰ ਤੱਕ ਪੈਰਾ ਐਥਲੈਟਿਕਸ, ਪਾਵਰਲਿਫਟਿੰਗ, ਬੈਡਮਿੰਟਨ ਅਤੇ ਵ੍ਹੀਲਚੇਅਰ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸੀਜ਼ਨ ਵਿੱਚ ਪਹਿਲੀ ਵਾਰ ਟੈਨਿਸ ਬਾਲ ਕ੍ਰਿਕਟ ਨੂੰ ਵੀ ਮੁਕਾਬਲਿਆਂ ਵਿੱਚ ਸ਼ਾਮਲ ਕੀਤਾ ਗਿਆ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login